ਅੰਮ੍ਰਿਤਸਰ, 6 ਜੂਨ : ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਅਤੇ ਗੁਰੂ ਗ੍ਰੰਥ ਸਾਹਿਬ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਪਰਿਵਾਰ ਆਪਣੇ ਬੱਚਿਆਂ ਨੂੰ ਪੰਜਾਬ ਅਤੇ ਆਪਣੇ ਹੋਮਲੈਂਡ ਨਾਲ ਜੋੜ ਕੇ ਰੱਖਣ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਇਤਿਹਾਸ, ਵਿਰਸੇ ਅਤੇ ਧਾਰਮਿਕ ਕਦਰਾਂ-ਕੀਮਤਾਂ ਨਾਲ ਜੁੜੀਆਂ ਰਹਿਣ।ਇਸ ਮੌਕੇ ਜੂਨ 1984 ਦੇ ਸਾਕਾ ਨੀਲਾ ਤਾਰਾ ਦੌਰਾਨ ਗੁਰੂ ਘਰਾਂ ਦੀ ਅਜ਼ਮਤ ਦੀ ਰੱਖਿਆ ਲਈ ਸ਼ਹੀਦ ਹੋਏ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੇ ਸ਼ਹੀਦਾਂ ਨੂੰ ਯਾਦ ਕੀਤਾ। ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਪ੍ਰਤਿਨਿਧ ਹਾਜ਼ਰ ਸਨ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਵੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਇਕੱਤਰ ਹੋਈ ਸੰਗਤ, ਖਾਸ ਕਰਕੇ ਨੌਜਵਾਨਾਂ ਵੱਲੋਂ ਸਿੱਖ ਸ਼ਹੀਦਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਢਾਹ-ਢੇਰੀ ਨਾਲ ਸਬੰਧਿਤ ਤਸਵੀਰਾਂ ਅਤੇ ਪੋਸਟਰ ਪ੍ਰਦਰਸ਼ਿਤ ਕੀਤੇ ਗਏ। ਇਸ ਦੌਰਾਨ ਕੁਝ ਥਾਵਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਵੀ ਸੁਣੇ ਗਏ।ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਕਰਮਚਾਰੀ ਤਾਇਨਾਤ ਕੀਤੇ ਗਏ ਅਤੇ ਹਰਿਮੰਦਰ ਸਾਹਿਬ ਵੱਲ ਜਾਣ ਵਾਲੇ ਮੁੱਖ ਰਸਤਿਆਂ ‘ਤੇ ਨਾਕੇਬੰਦੀ ਕੀਤੀ ਗਈ ਸੀ।ਇਸ ਦੌਰਾਨ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਵੀ ਸ੍ਰੀ ਅਕਾਲ ਤਖ਼ਤ ਸਕੱਤਰੇਤ ਦੇ ਬਾਹਰ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।