ਅੰਮ੍ਰਿਤਸਰ, 17 ਜੁਲਾਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸੀ.ਐਮ. ਦੀ ਯੋਗਸ਼ਾਲਾ ਲੋਕਾਂ ਲਈ ਸਿਹਤਮੰਦ ਜੀਵਨ ਵੱਲ ਇੱਕ ਅਹਿਮ ਕਦਮ ਸਾਬਤ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਨਿਯਮਿਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ।
ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹਰ ਰੋਜ਼ ਸੈਂਕੜਿਆਂ ਲੋਕ ਇਨ੍ਹਾਂ ਮੁਫ਼ਤ ਯੋਗ ਕਲਾਸਾਂ ਵਿੱਚ ਸ਼ਾਮਲ ਹੋ ਕੇ ਆਪਣੇ ਆਪ ਨੂੰ ਤੰਦਰੁਸਤ ਅਤੇ ਨਿਰੋਗ ਬਣਾ ਰਹੇ ਹਨ। ਯੋਗਾ ਇੰਸਟਰੱਕਟਰਾਂ ਵੱਲੋਂ ਵੱਖ-ਵੱਖ ਯੋਗ ਆਸਨ, ਪ੍ਰਾਣਾਯਾਮ ਅਤੇ ਧਿਆਨ ਦੀਆਂ ਕਿਰਿਆਵਾਂ ਕਰਵਾਈਆਂ ਜਾਂਦੀਆਂ ਹਨ, ਜਿਸ ਨਾਲ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸ਼ਾਂਤੀ ਅਤੇ ਤਣਾਅ ਤੋਂ ਰਾਹਤ ਵੀ ਮਿਲ ਰਹੀ ਹੈ।
ਅੰਮ੍ਰਿਤਸਰ ਵਿੱਚ 600 ਯੋਗ ਕਲਾਸਾਂ ਚੱਲ ਰਹੀਆਂ ਹਨ

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਇਸ ਵੇਲੇ 600 ਮੁਫ਼ਤ ਯੋਗ ਕਲਾਸਾਂ ਨਿਯਮਿਤ ਤੌਰ ‘ਤੇ ਚੱਲ ਰਹੀਆਂ ਹਨ। ਇਨ੍ਹਾਂ ਲਈ 65 ਯੋਗ ਟ੍ਰੇਨਰ ਅਤੇ 163 ਟ੍ਰੇਨਰ ਵਿਦਿਆਰਥੀ ਨਿਯੁਕਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਕਰੀਬ 350 ਕਲਾਸਾਂ ਸ਼ਹਿਰੀ ਖੇਤਰਾਂ ਅਤੇ 250 ਕਲਾਸਾਂ ਦਿਹਾਤੀ ਇਲਾਕਿਆਂ ਵਿੱਚ ਚੱਲ ਰਹੀਆਂ ਹਨ। ਸਵੇਰੇ ਅਤੇ ਸ਼ਾਮ ਲੱਗਣ ਵਾਲੀਆਂ ਇਨ੍ਹਾਂ ਕਲਾਸਾਂ ਵਿੱਚ ਹਰ ਉਮਰ ਵਰਗ ਦੇ ਲੋਕ ਵੱਡੀ ਗਿਣਤੀ ਵਿੱਚ ਭਾਗ ਲੈ ਰਹੇ ਹਨ।
ਨਸ਼ਾ ਮੁਕਤੀ ਮੁਹਿੰਮ ਨੂੰ ਮਿਲ ਰਹੀ ਮਜ਼ਬੂਤੀ
ਸੀ.ਐਮ. ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਹਰਮਨਦੀਪ ਸਿੰਘ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਨਵੀਂ ਜ਼ਿੰਦਗੀ ਦੇਣਾ ਅਤੇ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨਾ ਹੈ।
ਉਨ੍ਹਾਂ ਕਿਹਾ ਕਿ ਯੋਗ ਰਾਹੀਂ ਨਸ਼ਾ ਛੱਡਣ ਵਾਲੇ ਲੋਕ ਨਾ ਸਿਰਫ਼ ਆਪਣੀ ਸਿਹਤ ਵਿੱਚ ਸੁਧਾਰ ਮਹਿਸੂਸ ਕਰ ਰਹੇ ਹਨ, ਸਗੋਂ ਉਹ ਮੁੜ ਆਮ ਅਤੇ ਸਿਹਤਮੰਦ ਜੀਵਨ ਵੱਲ ਵਾਪਸ ਆ ਰਹੇ ਹਨ। ਪੰਜਾਬ ਸਰਕਾਰ ਦੀ ਇਹ ਪਹਿਲ ਨਸ਼ਾ ਮੁਕਤੀ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਰਹੀ ਹੈ।
ਆਪਣੇ ਮੁਹੱਲੇ ਵਿੱਚ ਵੀ ਸ਼ੁਰੂ ਕਰਵਾ ਸਕਦੇ ਹੋ ਯੋਗ ਕਲਾਸ
ਸੀ.ਐਮ. ਦੀ ਯੋਗਸ਼ਾਲਾ ਦਾ ਲਾਭ ਲੈਣ ਲਈ ਲੋਕ ਸਰਕਾਰੀ ਵੈੱਬਸਾਈਟ cmdiyogshala.punjab.gov.in ‘ਤੇ ਰਜਿਸਟ੍ਰੇਸ਼ਨ ਕਰ ਸਕਦੇ ਹਨ। ਇਸ ਤੋਂ ਇਲਾਵਾ ਆਪਣੇ ਮੁਹੱਲੇ ਜਾਂ ਪਿੰਡ ਵਿੱਚ ਮੁਫ਼ਤ ਯੋਗ ਕਲਾਸ ਸ਼ੁਰੂ ਕਰਵਾਉਣ ਲਈ 76694-00500 ਨੰਬਰ ‘ਤੇ ਕਾਲ ਕਰਕੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਪੰਜਾਬ ਸਰਕਾਰ ਦੀ ਇਹ ਪਹਿਲ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਵੱਲ ਪ੍ਰੇਰਿਤ ਕਰ ਰਹੀ ਹੈ।
