ਅੰਮ੍ਰਿਤਸਰ ਏਅਰਪੋਰਟ ਦੇ 10 ਕਿਲੋਮੀਟਰ ਘੇਰੇ ਵਿੱਚ ਡਰੋਨ ਅਤੇ ਲੇਜ਼ਰ ਲਾਈਟਾਂ 'ਤੇ ਪਾਬੰਦੀ, 6 ਸਤੰਬਰ ਤੱਕ ਰਹਿਣਗੇ ਹੁਕਮ ਲਾਗੂ

ਅੰਮ੍ਰਿਤਸਰ, 17 ਜੁਲਾਈ 2026 | News Click Punjabi

ਅੰਮ੍ਰਿਤਸਰ ਵਿੱਚ ਹਵਾਈ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਪ੍ਰਸ਼ਾਸਨ ਨੇ ਅਹਿਮ ਫ਼ੈਸਲਾ ਲੈਂਦਿਆਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ 10 ਕਿਲੋਮੀਟਰ ਦੇ ਘੇਰੇ ਅੰਦਰ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।

ਇਹ ਹੁਕਮ ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਮੈਡਮ ਪੱਲਵੀ ਮਿਸ਼ਰਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 163 ਅਧੀਨ ਜਾਰੀ ਕੀਤੇ ਗਏ ਹਨ।

ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਸਮਰੱਥ ਅਥਾਰਿਟੀ ਦੀ ਪਹਿਲਾਂ ਤੋਂ ਮਨਜ਼ੂਰੀ ਤੋਂ ਬਿਨਾਂ ਹਵਾਈ ਅੱਡੇ ਦੇ 10 ਕਿਲੋਮੀਟਰ ਦੇ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣਾ ਜਾਂ ਲੇਜ਼ਰ ਲਾਈਟ ਦੀ ਵਰਤੋਂ ਕਰਨਾ ਪੂਰੀ ਤਰ੍ਹਾਂ ਮਨਾਹੀ ਹੋਵੇਗੀ।

ਮੈਰਿਜ ਪੈਲਸ, ਹੋਟਲ ਅਤੇ ਜਨਤਕ ਸਮਾਗਮ ਵੀ ਪਾਬੰਦੀ ਦੇ ਦਾਇਰੇ ਵਿੱਚ

ਇਹ ਹੁਕਮ ਸਿਰਫ਼ ਆਮ ਲੋਕਾਂ ਲਈ ਹੀ ਨਹੀਂ, ਸਗੋਂ ਮੈਰਿਜ ਪੈਲਸਾਂ, ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਜਨਤਕ ਸਮਾਗਮਾਂ ‘ਤੇ ਵੀ ਲਾਗੂ ਹੋਣਗੇ। ਹੁਣ ਵਿਆਹ ਸਮਾਗਮਾਂ ਜਾਂ ਹੋਰ ਫੰਕਸ਼ਨਾਂ ਦੌਰਾਨ ਡਰੋਨ ਕਵਰੇਜ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ਬਿਨਾਂ ਮਨਜ਼ੂਰੀ ਨਹੀਂ ਕੀਤੀ ਜਾ ਸਕੇਗੀ।

ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਫ਼ੈਸਲਾ

ਪ੍ਰਸ਼ਾਸਨ ਨੇ ਕਿਹਾ ਹੈ ਕਿ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦਿਨ-ਰਾਤ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਦੀ ਆਵਾਜਾਈ ਹੁੰਦੀ ਹੈ। ਹਵਾਈ ਅੱਡੇ ਦੇ ਆਲੇ-ਦੁਆਲੇ ਕਈ ਪਿੰਡ, ਹੋਟਲ ਅਤੇ ਮੈਰਿਜ ਪੈਲਸ ਸਥਿਤ ਹਨ, ਜਿੱਥੇ ਸਮਾਗਮਾਂ ਦੌਰਾਨ ਅਕਸਰ ਡਰੋਨ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ਕੀਤੀ ਜਾਂਦੀ ਹੈ।

ਪ੍ਰਸ਼ਾਸਨ ਅਨੁਸਾਰ ਅਜਿਹੀਆਂ ਗਤੀਵਿਧੀਆਂ ਦੀ ਆੜ ਵਿੱਚ ਕੋਈ ਸਮਾਜ ਵਿਰੋਧੀ ਅਨਸਰ ਹਵਾਈ ਸੁਰੱਖਿਆ ਲਈ ਖ਼ਤਰਾ ਪੈਦਾ ਕਰ ਸਕਦੇ ਹਨ ਜਾਂ ਕਿਸੇ ਵੱਡੀ ਅਣਚਾਹੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਇਸੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਅਤੇ ਹਵਾਈ ਉਡਾਣਾਂ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਇਹ ਪਾਬੰਦੀ ਲਗਾਈ ਗਈ ਹੈ।

6 ਸਤੰਬਰ 2026 ਤੱਕ ਰਹਿਣਗੇ ਹੁਕਮ ਲਾਗੂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਇਹ ਹੁਕਮ 6 ਸਤੰਬਰ 2026 ਤੱਕ ਪ੍ਰਭਾਵੀ ਰਹਿਣਗੇ। ਪ੍ਰਸ਼ਾਸਨ ਨੇ ਆਮ ਲੋਕਾਂ, ਹੋਟਲ ਸੰਚਾਲਕਾਂ, ਮੈਰਿਜ ਪੈਲਸ ਮਾਲਕਾਂ ਅਤੇ ਸਮਾਗਮ ਆਯੋਜਕਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।