ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਦੀ ਸਮੀਖਿਆ ਕਰਦੇ ਡਿਪਟੀ ਕਮਿਸ਼ਨਰ।

ਅੰਮ੍ਰਿਤਸਰ, 4 ਅਗਸਤ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ। ਇਸ ਮੁਹਿੰਮ ਨੂੰ 15 ਅਗਸਤ ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਨਿਰਧਾਰਤ ਸਮੇਂ ਅੰਦਰ ਟੀਚਾ ਪੂਰਾ ਕਰਨ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਕੁਦਰਤ ਨਾਲ ਪਿਆਰ ਦਾ ਸੰਦੇਸ਼ ਦੇਣ ਵਾਲੇ ਗੁਰੂ ਸਾਹਿਬ ਨੂੰ ਵਿਲੱਖਣ ਸ਼ਰਧਾਂਜਲੀ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਨੂੰ ਸਮਾਨਤਾ, ਨਿਰਸਵਾਰਥ ਸੇਵਾ ਅਤੇ ਕੁਦਰਤ ਨਾਲ ਪਿਆਰ ਕਰਨ ਦਾ ਸੰਦੇਸ਼ ਦਿੱਤਾ। ਇਸੇ ਸੰਦੇਸ਼ ਨੂੰ ਅਮਲ ਵਿੱਚ ਲਿਆਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਕਾਸ਼ ਉਤਸਵ ਮੌਕੇ 6.50 ਲੱਖ ਪੌਦੇ ਲਗਾਉਣ ਦਾ ਟੀਚਾ ਨਿਰਧਾਰਤ ਕੀਤਾ ਹੈ।

ਇਨ੍ਹਾਂ ਥਾਵਾਂ ‘ਤੇ ਲਗਾਏ ਜਾ ਰਹੇ ਹਨ ਪੌਦੇ

ਪ੍ਰਸ਼ਾਸਨ ਵੱਲੋਂ ਪੌਦੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ, ਸ਼ਾਮਲਾਟ ਜ਼ਮੀਨਾਂ, ਸ਼ਹਿਰੀ ਪਾਰਕਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ-ਕਾਲਜਾਂ, ਸਰਕਾਰੀ ਦਫ਼ਤਰਾਂ, ਹਸਪਤਾਲਾਂ, ਸੜਕਾਂ ਦੇ ਕਿਨਾਰਿਆਂ, ਨਹਿਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਲਗਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਅਤੇ ਸੁਰੱਖਿਆ ਨੂੰ ਵੀ ਬਰਾਬਰ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਇਹ ਭਵਿੱਖ ਵਿੱਚ ਵੱਡੇ ਰੁੱਖਾਂ ਵਜੋਂ ਵਿਕਸਤ ਹੋ ਸਕਣ।

ਲੋਕਾਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਡਿਪਟੀ ਕਮਿਸ਼ਨਰ ਨੇ ਸਕੂਲੀ ਵਿਦਿਆਰਥੀਆਂ, ਗ੍ਰਾਮ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਆਮ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਨਾਗਰਿਕ ਘੱਟੋ-ਘੱਟ ਇੱਕ ਪੌਦਾ ਲਗਾ ਕੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲਵੇ।

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ਼ ਸ੍ਰੀ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਨੂੰ ਅਮਲੀ ਰੂਪ ਦੇਵੇਗਾ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਵਾਤਾਵਰਣ ਵੀ ਯਕੀਨੀ ਬਣਾਏਗਾ।

ਜੰਗਲਾਤ ਵਿਭਾਗ ਮੁਫ਼ਤ ਦੇ ਰਿਹਾ ਹੈ ਪੌਦੇ

ਜ਼ਿਲ੍ਹਾ ਜੰਗਲਾਤ ਅਫ਼ਸਰ ਸ੍ਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਜੰਗਲਾਤ ਵਿਭਾਗ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਲੋੜ ਅਨੁਸਾਰ ਮੁਫ਼ਤ ਪੌਦੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਨਾਲ ਜੁੜਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੁਰਿੰਦਰ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਸ. ਜਤਿੰਦਰ ਸਿੰਘ ਸੰਧੂ, ਨੋਡਲ ਇੰਚਾਰਜ ਸ੍ਰੀ ਧਰਮਿੰਦਰ ਸਿੰਘ, ਡਿਪਟੀ ਡਾਇਰੈਕਟਰ ਸੀ.ਈ.ਓ. ਸ. ਤੀਰਥਪਾਲ ਸਿੰਘ, ਜ਼ਿਲ੍ਹਾ ਸੈਰ ਸਪਾਟਾ ਅਫ਼ਸਰ ਸ੍ਰੀ ਸੁਖਮਨ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।