ਸਰਪੰਚਾਂ, ਪੰਚਾਂ, ਪੰਚਾਇਤ ਸਕੱਤਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ, 9 ਅਗਸਤ 2026: ਪਿੰਡਾਂ ਵਿੱਚ ਠੋਸ ਕੂੜੇ ਦੇ ਸੁਚੱਜੇ ਅਤੇ ਵਿਗਿਆਨਕ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਅੰਮ੍ਰਿਤਸਰ ਸ੍ਰੀ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ, ਪੰਚਾਇਤ ਸਕੱਤਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਫੀਲਡ ਸਟਾਫ਼ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਘਰ-ਘਰ ਤੋਂ ਕੂੜਾ ਇਕੱਠਾ ਕਰਨ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਘਰਾਂ ਤੋਂ ਇਕੱਠੇ ਕੀਤੇ ਜਾਣ ਵਾਲੇ ਕੂੜੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਦੇ ਨਾਲ-ਨਾਲ ਵਾਤਾਵਰਨ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਸਕੇ।
ਪਿੰਡ ਬੁਤਾਲਾ ਵਿੱਚ ਘਰ-ਘਰ ਤੋਂ ਇਕੱਠਾ ਕੀਤਾ ਜਾ ਰਿਹਾ ਗਿੱਲਾ ਤੇ ਸੁੱਕਾ ਕੂੜਾ

ਮੀਟਿੰਗ ਦੌਰਾਨ ਪਿੰਡ ਬੁਤਾਲਾ ਦੇ ਸਰਪੰਚ ਸ੍ਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਰਾਹੀਂ ਠੋਸ ਕੂੜੇ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ। ਪਿੰਡ ਵਿੱਚ ਘਰ-ਘਰ ਤੋਂ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕੀਤਾ ਜਾਂਦਾ ਹੈ ਅਤੇ ਕੂੜਾ ਇਕੱਠਾ ਕਰਨ ਵਾਲੀਆਂ ਰੇਹੜੀਆਂ ਰਾਹੀਂ ਇਸ ਨੂੰ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਤੱਕ ਪਹੁੰਚਾਇਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਤਹਿਤ ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕੀਤੀ ਜਾ ਰਹੀ ਹੈ। ਘਰ-ਘਰ ਤੋਂ ਕੂੜਾ ਇਕੱਠਾ ਕਰਨ ਲਈ ਪ੍ਰਤੀ ਘਰ 100 ਰੁਪਏ ਫੀਸ ਲਈ ਜਾ ਰਹੀ ਹੈ।
ਹੋਰ ਪਿੰਡਾਂ ਵਿੱਚ ਵੀ ਠੋਸ ਕੂੜੇ ਦੇ ਪ੍ਰਬੰਧਨ ’ਤੇ ਕੰਮ ਜਾਰੀ
ਇਸੇ ਤਰ੍ਹਾਂ ਪਿੰਡ ਧਰਦਿਓ ਦੀ ਸਰਪੰਚ ਸ੍ਰੀਮਤੀ ਕਵਲਜੀਤ ਕੌਰ ਅਤੇ ਪਿੰਡ ਹੇਰ ਦੇ ਸਰਪੰਚ ਸ੍ਰੀ ਮਨਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡਾਂ ਵਿੱਚ ਵੀ ਠੋਸ ਕੂੜੇ ਦੇ ਪ੍ਰਬੰਧਨ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਜਲਦ ਹੀ ਪਿੰਡਾਂ ਵਿੱਚ ਠੋਸ ਕੂੜੇ ਦਾ ਢੁੱਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇਗਾ।
ਪਿੰਡ ਨੌਸ਼ਹਿਰਾ ਦੀ ਸਰਪੰਚ ਸ੍ਰੀਮਤੀ ਸਿਮਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਵੀ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀ ਵਾਟਰ ਸਪਲਾਈ ਸਕੀਮ ਪਿਛਲੇ 10-15 ਸਾਲਾਂ ਤੋਂ ਗ੍ਰਾਮ ਪੰਚਾਇਤ ਵੱਲੋਂ ਚਲਾਈ ਜਾ ਰਹੀ ਹੈ ਅਤੇ ਠੋਸ ਕੂੜੇ ਦੇ ਪ੍ਰਬੰਧਨ ਲਈ ਵੀ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਵੱਧ ਤੋਂ ਵੱਧ ਪਿੰਡਾਂ ਵਿੱਚ ਤੇਜ਼ ਕੀਤੀਆਂ ਜਾਣ ਕੂੜਾ ਪ੍ਰਬੰਧਨ ਦੀਆਂ ਗਤੀਵਿਧੀਆਂ
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ ਰਾਊਂਡ ਗਲਾਸ ਫਾਊਂਡੇਸ਼ਨ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਪਿੰਡਾਂ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਨਾਲ ਸਬੰਧਤ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਲਈ ਸਿਰਫ਼ ਪ੍ਰਸ਼ਾਸਨਿਕ ਪੱਧਰ ’ਤੇ ਉਪਰਾਲੇ ਕਾਫ਼ੀ ਨਹੀਂ ਹਨ, ਸਗੋਂ ਲੋਕਾਂ ਦੀ ਸਰਗਰਮ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕਿਹਾ।
ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਟਾਰੀ ਸ੍ਰੀ ਅਮਨਦੀਪ ਸ਼ਰਮਾ, ਬੀ.ਡੀ.ਪੀ.ਓ. ਵੇਰਕਾ ਸ੍ਰੀ ਬਿਕਰਮਜੀਤ ਸਿੰਘ, ਬੀ.ਡੀ.ਪੀ.ਓ. ਹਰਸ਼ਾ ਛੀਨਾ ਸ੍ਰੀਮਤੀ ਕਿਰਨਦੀਪ ਕੌਰ, ਬੀ.ਡੀ.ਪੀ.ਓ. ਮਜੀਠਾ ਸ੍ਰੀ ਅਮਨਦੀਪ ਸਿੰਘ, ਉਪ ਮੰਡਲ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀ ਸੁਲੱਖਣ ਸਿੰਘ, ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਫੀਲਡ ਸਟਾਫ਼ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਹਾਜ਼ਰ ਸਨ।