ਅੰਮ੍ਰਿਤਸਰ, 5 ਅਗਸਤ 2026: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ 10.03 ਕਿਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ-ਪਾਰ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦਾ ਹਿੱਸਾ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਬੀਰ ਸਿੰਘ ਉਰਫ਼ ਮੋਨੂ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਮੋਟਾ ਵਜੋਂ ਹੋਈ ਹੈ। ਦੋਵੇਂ ਅੰਮ੍ਰਿਤਸਰ ਦੇ ਪਿੰਡ ਰਣਗੜ੍ਹ ਦੇ ਰਹਿਣ ਵਾਲੇ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ 10.03 ਕਿਲੋ ਹੈਰੋਇਨ ਬਰਾਮਦ ਕਰਨ ਦੇ ਨਾਲ-ਨਾਲ ਉਹ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਨਸ਼ਾ ਤਸਕਰੀ ਲਈ ਕੀਤੀ ਜਾ ਰਹੀ ਸੀ।

ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਸਰਹੱਦ-ਪਾਰ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਹੋਏ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਪੂਰੀ ਸਪਲਾਈ ਚੇਨ ਨੂੰ ਤੋੜਨ ਲਈ ਅਗਲੇ-ਪਿਛਲੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਸੀਨੀਅਰ ਸੁਪਰਡੰਟ ਆਫ਼ ਪੁਲਿਸ (ਐੱਸ.ਐੱਸ.ਪੀ.) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਸਰਹੱਦ-ਪਾਰ ਦੇ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਹੈਰੋਇਨ ਦੀ ਵੱਡੀ ਖੇਪ ਘਰਿੰਡਾ ਖੇਤਰ ਵਿੱਚ ਸਪਲਾਈ ਕਰਨ ਆ ਰਹੇ ਹਨ।

ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਨਾਕਾਬੰਦੀ ਕਰਕੇ ਜਸਬੀਰ ਉਰਫ਼ ਮੋਨੂ ਅਤੇ ਅੰਮ੍ਰਿਤਪਾਲ ਉਰਫ਼ ਮੋਟਾ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਜਾ ਰਹੇ ਸਨ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 10.03 ਕਿਲੋ ਹੈਰੋਇਨ ਬਰਾਮਦ ਕੀਤੀ ਗਈ।

ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਜਾਂਚ ਨੂੰ ਹੋਰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਅਤੇ ਵੱਡੀਆਂ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿੱਚ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਤਹਿਤ ਐੱਫ.ਆਈ.ਆਰ. ਨੰਬਰ 339 ਮਿਤੀ 4 ਅਗਸਤ 2026 ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।