ਨਿਊਜ਼ਕਲਿੱਕ ਪੰਜਾਬੀ | /ਅੰਮ੍ਰਿਤਸਰ
ਪੰਜਾਬ ਨੂੰ ਅਪਰਾਧ ਅਤੇ ਸਰਹੱਦ ਪਾਰ ਤੋਂ ਹੋ ਰਹੀ ਹਥਿਆਰਾਂ ਦੀ ਤਸਕਰੀ ਤੋਂ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇੱਕ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਏਕੇ-47 ਸਮੇਤ ਤਿੰਨ ਆਧੁਨਿਕ ਰਾਈਫਲਾਂ ਬਰਾਮਦ ਕੀਤੀਆਂ ਗਈਆਂ ਹਨ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਆਕਾਸ਼ਬੀਰ ਸਿੰਘ ਉਰਫ਼ ਕਾਸ਼ੀ, ਜੋਬਨ ਸਿੰਘ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਏਕੇ-47 ਰਾਈਫਲ, ਇੱਕ ਮੋਡੀਫਾਈਡ ਐਮ-4 ਟਾਈਪ .30 ਬੋਰ ਆਟੋਮੈਟਿਕ ਹਥਿਆਰ, ਇੱਕ ਵਿਸ਼ੇਸ਼ ਤੌਰ ‘ਤੇ ਮੋਡੀਫਾਈਡ .30 ਬੋਰ ਸੈਮੀ-ਆਟੋਮੈਟਿਕ ਹਥਿਆਰ ਅਤੇ ਪੰਜ ਮੈਗਜ਼ੀਨਾਂ ਬਰਾਮਦ ਕੀਤੀਆਂ ਹਨ।
ਡੀਜੀਪੀ ਨੇ ਕਿਹਾ ਕਿ ਜਾਂਚ ਟੀਮਾਂ ਇਹ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ ਕਿ ਇਹ ਹਥਿਆਰ ਕਿੱਥੋਂ ਲਿਆਂਦੇ ਗਏ, ਇਨ੍ਹਾਂ ਦੀ ਵਰਤੋਂ ਕਿਸ ਮਕਸਦ ਲਈ ਕੀਤੀ ਜਾਣੀ ਸੀ ਅਤੇ ਇਸ ਮਾਡਿਊਲ ਨਾਲ ਹੋਰ ਕਿਹੜੇ ਲੋਕ ਜੁੜੇ ਹੋਏ ਹਨ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।
ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਘਰਿੰਡਾ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੇ ਜਾ ਰਹੇ ਅਤਿ-ਆਧੁਨਿਕ ਹਥਿਆਰ, ਗੋਲਾ-ਬਾਰੂਦ ਅਤੇ ਗ੍ਰਨੇਡ ਪ੍ਰਾਪਤ ਕਰ ਰਹੇ ਹਨ।
ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਅਟਾਰੀ ਖੇਤਰ ਨੇੜੇ ਵਿਸ਼ੇਸ਼ ਆਪਰੇਸ਼ਨ ਚਲਾਇਆ ਅਤੇ ਤਿੰਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਤਿੰਨ ਆਧੁਨਿਕ ਰਾਈਫਲਾਂ ਬਰਾਮਦ ਕਰ ਲਈਆਂ।
ਐਸਐਸਪੀ ਚਾਹਲ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਵੱਡੀਆਂ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਪੁਲਿਸ ਨੇ ਇਸ ਮਾਮਲੇ ਵਿੱਚ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿੱਚ ਐਫਆਈਆਰ ਨੰਬਰ 303 ਮਿਤੀ 13 ਜੁਲਾਈ 2026 ਤਹਿਤ ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।