ਜੰਡਿਆਲਾ ਗੁਰੂ ਹਲਕੇ ਦੇ ਕਈ ਪਿੰਡਾਂ ਵਿੱਚ ਲੋਕ ਮਿਲਣੀਆਂ ਦੌਰਾਨ ਵਿਕਾਸ ਕਾਰਜਾਂ, ਲੋਕ ਭਲਾਈ ਯੋਜਨਾਵਾਂ ਅਤੇ ਸਰਕਾਰ ਦੀਆਂ ਪਹਿਲਕਦਮੀਆਂ ‘ਤੇ ਹੋਈ ਚਰਚਾ
ਜੰਡਿਆਲਾ ਗੁਰੂ/ਅੰਮ੍ਰਿਤਸਰ, 14 ਜੁਲਾਈ | News Click Punjabi
ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੂੰ ਲਗਾਤਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਿੰਡ ਪੱਧਰ ‘ਤੇ ਕਰਵਾਏ ਜਾ ਰਹੇ ਇਹ ਸਮਾਗਮ ਲੋਕਾਂ ਦੀ ਭਾਰੀ ਸ਼ਮੂਲੀਅਤ ਕਾਰਨ ਹੁਣ ਰੈਲੀਆਂ ਦਾ ਰੂਪ ਧਾਰਦੇ ਨਜ਼ਰ ਆ ਰਹੇ ਹਨ।

ਅੱਜ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਗਦਲੀ, ਰਾਣਾ ਕਾਲਾ, ਜੱਬੋਵਾਲ, ਸੂਰੋ ਪੱਡਾ, ਚੂੰਗ, ਮਹਿਤਾ ਚੌਂਕ ਅਤੇ ਬੁੱਟਰ ਖੁਰਦ ਵਿਖੇ ਲੋਕ ਮਿਲਣੀਆਂ ਨੂੰ ਸੰਬੋਧਨ ਕੀਤਾ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਕੇ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ।
ਸੰਬੋਧਨ ਕਰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜੰਡਿਆਲਾ ਗੁਰੂ ਦੇ ਲੋਕਾਂ ਵੱਲੋਂ ਮਿਲ ਰਿਹਾ ਪਿਆਰ, ਸਤਿਕਾਰ ਅਤੇ ਭਰੋਸਾ ਉਨ੍ਹਾਂ ਲਈ ਸਭ ਤੋਂ ਵੱਡੀ ਪ੍ਰੇਰਣਾ ਅਤੇ ਤਾਕਤ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਹਰ ਘਰ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਵੱਡੇ ਪੱਧਰ ‘ਤੇ ਸੁਧਾਰ ਕਰ ਰਹੀ ਹੈ। ਇਸ ਤੋਂ ਇਲਾਵਾ ਹਲਕੇ ਵਿੱਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਚੱਲ ਰਹੇ ਹਨ, ਜਿਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਅਤੇ ਗਰੰਟੀਆਂ ਨੂੰ ਪੂਰਾ ਕਰਨ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਮਿਲਣੀਆਂ ਵਿੱਚ ਮਿਲ ਰਹੇ ਵੱਡੇ ਸਮਰਥਨ ਤੋਂ ਸਪੱਸ਼ਟ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਪਹਿਲਾਂ ਨਾਲੋਂ ਵੀ ਵੱਡੀ ਜਿੱਤ ਹਾਸਲ ਕਰੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕਰਨਾ ਸਰਕਾਰ ਦੀ ਕਾਰਜ-ਸ਼ੈਲੀ ਦਾ ਅਹਿਮ ਹਿੱਸਾ ਹੈ। ਇਸੇ ਲਈ ਭਵਿੱਖ ਵਿੱਚ ਵੀ ਲੋਕ ਮਿਲਣੀਆਂ ਦਾ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ।
ਇਸ ਦੌਰਾਨ ਹਲਕੇ ਦੇ ਲੋਕਾਂ ਨੇ ਆਪਣੀਆਂ ਸਥਾਨਕ ਸਮੱਸਿਆਵਾਂ ਅਤੇ ਵਿਕਾਸ ਨਾਲ ਜੁੜੀਆਂ ਮੰਗਾਂ ਵੀ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਦੇ ਜਲਦ ਨਿਪਟਾਰੇ ਦਾ ਭਰੋਸਾ ਦਿੱਤਾ ਗਿਆ।
