ਦਾਤਾਰਪੁਰ/ਘੋਗਰਾ: ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਲਈ ਸਿੰਚਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 123 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਕੈਨਾਲ ਦੀ ਕਾਇਆ-ਕਲਪ ਤੋਂ ਬਾਅਦ ਵੱਖ-ਵੱਖ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਟੇਲਾਂ ਤੱਕ 100 ਫੀਸਦੀ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ।

ਮੰਤਰੀ ਨੇ ਦੱਸਿਆ ਕਿ ਕੰਢੀ ਕੈਨਾਲ ਨਾਲ ਜੁੜੇ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ 450 ਪਿੰਡਾਂ ਦੇ ਲਗਭਗ 1.35 ਲੱਖ ਏਕੜ ਰਕਬੇ ਨੂੰ ਸਿੰਚਾਈ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਸਿੰਚਾਈ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ।

26 ਫੀਸਦੀ ਤੋਂ 86 ਫੀਸਦੀ ਤੱਕ ਪੁੱਜੀ ਨਹਿਰੀ ਪਾਣੀ ਦੀ ਵਰਤੋਂ

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਹਿਰਾਂ ਦੀ ਸੰਭਾਲ ਅਤੇ ਨਹਿਰੀ ਪਾਣੀ ਦੀ ਵਰਤੋਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ, ਜਿਸ ਕਾਰਨ ਸਿਰਫ਼ 26 ਫੀਸਦੀ ਨਹਿਰੀ ਪਾਣੀ ਹੀ ਸਿੰਚਾਈ ਲਈ ਵਰਤਿਆ ਜਾਂਦਾ ਸੀ। ਮੌਜੂਦਾ ਸਰਕਾਰ ਦੇ ਯਤਨਾਂ ਨਾਲ ਹੁਣ 86 ਫੀਸਦੀ ਨਹਿਰੀ ਪਾਣੀ ਸਿੱਧਾ ਖੇਤਾਂ ਤੱਕ ਪਹੁੰਚ ਰਿਹਾ ਹੈ ਅਤੇ ਸਰਕਾਰ ਦਾ ਟੀਚਾ ਇਸ ਨੂੰ 100 ਫੀਸਦੀ ਤੱਕ ਲਿਜਾਣਾ ਹੈ।

60 ਹਜ਼ਾਰ ਏਕੜ ਨੂੰ ਮਿਲੀ ਨਵੀਂ ਸਿੰਚਾਈ ਸਹੂਲਤ

ਮੰਤਰੀ ਨੇ ਦੱਸਿਆ ਕਿ ਸ਼ਾਹ ਨਹਿਰ ਅਧੀਨ ਆਉਂਦੀਆਂ ਡਿਸਟ੍ਰੀਬਿਊਟਰੀਆਂ ਦੀ ਖਸਤਾ ਹਾਲਤ ਕਾਰਨ ਕਿਸਾਨਾਂ ਨੂੰ ਸਾਲਾਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਸਮੱਸਿਆ ਦੇ ਹੱਲ ਲਈ 78 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਦਾ ਕੰਮ ਕੀਤਾ ਗਿਆ, ਜਿਸ ਨਾਲ 150 ਪਿੰਡਾਂ ਦੇ ਕਰੀਬ 60,000 ਏਕੜ ਰਕਬੇ ਨੂੰ ਸਿੱਧਾ ਲਾਭ ਮਿਲਿਆ ਹੈ।

ਕੰਢੀ ਕੈਨਾਲ ਵਿੱਚ ਹੁਣ ਪੂਰੀ ਸਮਰੱਥਾ ਨਾਲ ਚੱਲ ਰਿਹਾ ਹੈ ਪਾਣੀ

ਸਰਕਾਰ ਵੱਲੋਂ ਨਹਿਰ ਦੀ ਰੀਹੈਬਲੀਟੇਸ਼ਨ ਅਤੇ ਕੰਕਰੀਟ ਲਾਈਨਿੰਗ ਦਾ ਕੰਮ ਪੂਰਾ ਹੋਣ ਤੋਂ ਬਾਅਦ ਹੁਣ ਕੰਢੀ ਕੈਨਾਲ ਵਿੱਚ ਪਾਣੀ ਆਪਣੀ ਡਿਜ਼ਾਈਨ ਸਮਰੱਥਾ ਅਨੁਸਾਰ ਟੇਲ ਤੱਕ ਪਹੁੰਚ ਰਿਹਾ ਹੈ। ਇਸ ਨਾਲ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਹਜ਼ਾਰਾਂ ਕਿਸਾਨਾਂ ਨੂੰ ਵੱਡਾ ਫਾਇਦਾ ਮਿਲ ਰਿਹਾ ਹੈ।

80 ਕਰੋੜ ਨਾਲ ਜ਼ਮੀਨਦੋਜ਼ ਪਾਈਪਲਾਈਨ ਪ੍ਰਾਜੈਕਟ ਵੀ ਮੁਕੰਮਲ

ਜਲ ਸਰੋਤ ਮੰਤਰੀ ਨੇ ਦੱਸਿਆ ਕਿ 80 ਕਰੋੜ ਰੁਪਏ ਦੀ ਲਾਗਤ ਨਾਲ ਡਿਸਟ੍ਰੀਬਿਊਟਰੀ ਅਤੇ ਮਾਈਨਰਾਂ ਦੀ ਵੰਡ ਪ੍ਰਣਾਲੀ ਨੂੰ ਜ਼ਮੀਨਦੋਜ਼ ਪਾਈਪਾਂ ਰਾਹੀਂ ਅਧੁਨਿਕ ਬਣਾਇਆ ਗਿਆ ਹੈ। ਇਸ ਨਾਲ ਪਾਣੀ ਦੀ ਬਚਤ ਦੇ ਨਾਲ-ਨਾਲ ਸਿੰਚਾਈ ਦੀ ਸਮਰੱਥਾ ਵਿੱਚ ਵੀ ਵਾਧਾ ਹੋਇਆ ਹੈ।

ਮਾਈਕ੍ਰੋ ਇਰੀਗੇਸ਼ਨ ਅਤੇ ਸੋਲਰ ਸਿਸਟਮ ਨਾਲ ਮਿਲੇਗਾ ਹੋਰ ਲਾਭ

ਸਰਕਾਰ ਨੇ ਉੱਚੇ ਖੇਤਰਾਂ ਤੱਕ ਪਾਣੀ ਪਹੁੰਚਾਉਣ ਲਈ ਸਪ੍ਰਿੰਕਲਰ ਅਤੇ ਡਰਿੱਪ ਇਰੀਗੇਸ਼ਨ ਸਕੀਮਾਂ ਲਾਗੂ ਕੀਤੀਆਂ ਹਨ। ਇਸ ਤੋਂ ਇਲਾਵਾ 2302.5 ਕਿਲੋਵਾਟ ਸਮਰੱਥਾ ਵਾਲੇ ਸੋਲਰ ਪੈਨਲ ਸਿਸਟਮ ਵੀ ਸਥਾਪਿਤ ਕੀਤੇ ਗਏ ਹਨ, ਜਿਸ ਨਾਲ ਊਰਜਾ ਦੀ ਬਚਤ ਕਰਦਿਆਂ ਖੇਤਾਂ ਤੱਕ ਪਾਣੀ ਪਹੁੰਚਾਇਆ ਜਾ ਰਿਹਾ ਹੈ।

ਡੈਮਾਂ ਦੀ ਡੀਸਿਲਟਿੰਗ ਨਾਲ ਵਧੇਗੀ ਪਾਣੀ ਸਟੋਰੇਜ ਸਮਰੱਥਾ

ਮੰਤਰੀ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ 6 ਡੈਮਾਂ ਵਿੱਚ ਡੀਸਿਲਟਿੰਗ ਦਾ ਕੰਮ ਜਾਰੀ ਹੈ। ਇਸ ਨਾਲ ਡੈਮਾਂ ਦੀ ਸਟੋਰੇਜ ਸਮਰੱਥਾ ਵਧੇਗੀ ਅਤੇ ਭਵਿੱਖ ਵਿੱਚ ਕਿਸਾਨਾਂ ਨੂੰ ਹੋਰ ਬਿਹਤਰ ਸਿੰਚਾਈ ਸਹੂਲਤਾਂ ਮਿਲਣਗੀਆਂ।

ਪਿੰਡਾਂ ਦੀਆਂ ਪੰਚਾਇਤਾਂ ਨੇ ਕੀਤਾ ਸਰਕਾਰ ਦਾ ਧੰਨਵਾਦ

ਸਮਾਗਮ ਦੌਰਾਨ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਅਤੇ ਪੰਚਾਇਤਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਲਾਂ ਤੋਂ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੰਗ ਹੁਣ ਪੂਰੀ ਹੋਈ ਹੈ। ਉਨ੍ਹਾਂ ਇਸ ਨੂੰ ਕਿਸਾਨਾਂ ਲਈ ਇਤਿਹਾਸਕ ਫੈਸਲਾ ਕਰਾਰ ਦਿੱਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।