ਅੰਮ੍ਰਿਤਸਰ, 17 ਜੁਲਾਈ (NewsClick Punjabi):
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਅੰਮ੍ਰਿਤਸਰ ਸ਼ਹਿਰ ਵਿੱਚ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇਅ ਅਤੇ ਲੋਕ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ। ਇਸ ਲਈ ਸਿਹਤ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਨੂੰ ਸ਼ਹਿਰ ਦੇ ਵੱਖ-ਵੱਖ ਹਾਟਸਪਾਟ ਇਲਾਕਿਆਂ ਵਿੱਚ ਰਵਾਨਾ ਕੀਤਾ ਗਿਆ।
ਮੁਹਿੰਮ ਦੌਰਾਨ ਟੀਮਾਂ ਨੇ ਸਿਵਲ ਹਸਪਤਾਲ, ਰਾਮ ਬਾਗ, ਜਹਾਜਗੜ੍ਹ, ਪੁਤਲੀਘਰ, ਮਜੀਠਾ ਰੋਡ, ਰੋਡਵੇਜ਼ ਅਤੇ ਭਗਤਾਂਵਾਲਾ ਸਮੇਤ ਕਈ ਸੰਵੇਦਨਸ਼ੀਲ ਇਲਾਕਿਆਂ ਵਿੱਚ ਪਹੁੰਚ ਕੇ ਐਂਟੀ ਲਾਰਵਾ ਕਾਰਵਾਈ ਕੀਤੀ, ਫੌਗਿੰਗ ਅਤੇ ਸਪਰੇਅ ਕਰਵਾਈ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ।

ਮੱਛਰ ਦੀ ਪੈਦਾਵਾਰ ਰੋਕਣਾ ਹੀ ਡੇਂਗੂ ਤੋਂ ਬਚਾਅ ਦਾ ਸਭ ਤੋਂ ਵੱਡਾ ਹਥਿਆਰ: ਡਾ. ਰਸ਼ਮੀ ਵਿੱਜ
ਇਸ ਮੌਕੇ ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਕਈ ਥਾਵਾਂ ‘ਤੇ ਪਾਣੀ ਇਕੱਠਾ ਹੋਣਾ ਸੁਭਾਵਿਕ ਹੈ, ਪਰ ਇਹੀ ਪਾਣੀ ਡੇਂਗੂ ਫੈਲਾਉਣ ਵਾਲੇ ਮੱਛਰਾਂ ਦੀ ਪੈਦਾਵਾਰ ਦਾ ਮੁੱਖ ਕਾਰਨ ਬਣਦਾ ਹੈ। ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਘਰ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਵੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਕੂਲਰ, ਫਰਿੱਜ ਦੀ ਟਰੇ, ਗਮਲੇ, ਪਾਣੀ ਦੀਆਂ ਟੈਂਕੀਆਂ, ਛੱਤ ‘ਤੇ ਪਿਆ ਨਾਕਾਰਾ ਸਮਾਨ ਅਤੇ ਹੋਰ ਬਰਤਨਾਂ ਦੀ ਸਫਾਈ ਕਰਕੇ ਉਨ੍ਹਾਂ ਵਿੱਚ ਖੜ੍ਹਾ ਪਾਣੀ ਜ਼ਰੂਰ ਖਾਲੀ ਕੀਤਾ ਜਾਵੇ।
ਡੇਂਗੂ ਦੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਸਰਕਾਰੀ ਹਸਪਤਾਲ ਜਾਓ
ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਨੇ ਦੱਸਿਆ ਕਿ ਡੇਂਗੂ ਇੱਕ ਵਾਇਰਲ ਬਿਮਾਰੀ ਹੈ ਜੋ ਏਡੀਜ਼ ਅਜਿਪਟੀ (Aedes Aegypti) ਮੱਛਰ ਦੇ ਕੱਟਣ ਨਾਲ ਫੈਲਦੀ ਹੈ।
ਉਨ੍ਹਾਂ ਦੱਸਿਆ ਕਿ ਡੇਂਗੂ ਦੇ ਮੁੱਖ ਲੱਛਣਾਂ ਵਿੱਚ:
- ਤੇਜ਼ ਬੁਖਾਰ
- ਤੇਜ਼ ਸਿਰ ਦਰਦ
- ਅੱਖਾਂ ਦੇ ਪਿੱਛੇ ਦਰਦ
- ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ
- ਉਲਟੀਆਂ
- ਨੱਕ, ਮੂੰਹ ਜਾਂ ਮਸੂੜਿਆਂ ਵਿੱਚੋਂ ਖੂਨ ਆਉਣਾ
ਸ਼ਾਮਲ ਹਨ। ਜੇਕਰ ਕਿਸੇ ਵਿਅਕਤੀ ਵਿੱਚ ਇਹ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ।
ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣ ਅਤੇ ਮੱਛਰ ਰੋਧੀ ਕਰੀਮ ਵਰਤਣ ਦੀ ਅਪੀਲ
ਸਿਹਤ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਡੇਂਗੂ ਤੋਂ ਬਚਾਅ ਲਈ ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨੇ ਜਾਣ, ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ ਅਤੇ ਘਰਾਂ ਦੇ ਆਲੇ-ਦੁਆਲੇ ਸਫਾਈ ਰੱਖੀ ਜਾਵੇ।
ਇਸ ਤੋਂ ਪਹਿਲਾਂ ਜ਼ਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਜਾਗਰੂਕਤਾ ਲਈ ਪੋਸਟਰ ਅਤੇ ਪੈਂਫਲਿਟ ਵੀ ਵੰਡੇ ਗਏ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤ, ਸੀਨੀਅਰ ਮੈਡੀਕਲ ਅਫ਼ਸਰ ਡਾ. ਨਰੇਸ਼ ਕੁਮਾਰ, ਸਹਾਇਕ ਮਲੇਰੀਆ ਅਫ਼ਸਰ ਗੁਰਦੇਵ ਸਿੰਘ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ, ਫੀਲਡ ਵਰਕਰ ਅਤੇ ਬਰੀਡਿੰਗ ਚੈੱਕਰ ਵੀ ਹਾਜ਼ਰ ਸਨ।
