ਅੰਮ੍ਰਿਤਸਰ, 14 ਜੁਲਾਈ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ 11 ਵਿਧਾਨ ਸਭਾ ਹਲਕਿਆਂ ਵਿੱਚ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.) ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ ਹੈ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਾਰੇ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ.) ਇਸ ਮੁਹਿੰਮ ਦੀ ਨਿਰੰਤਰ ਨਿਗਰਾਨੀ ਕਰ ਰਹੇ ਹਨ। ਇਸ ਦੇ ਨਾਲ ਹੀ ਹਰੇਕ ਵਿਧਾਨ ਸਭਾ ਹਲਕੇ ਵਿੱਚ ਬੂਥ ਪੱਧਰ ‘ਤੇ ਵਿਸ਼ੇਸ਼ ਕੈਂਪ ਲਗਾ ਕੇ ਯੋਗ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

ਵੋਟਰ ਜਾਗਰੂਕਤਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਅਤੇ ਸੈਕੰਡਰੀ ਸਿੱਖਿਆ) ਸ੍ਰੀ ਕੰਵਲਜੀਤ ਸਿੰਘ ਨੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਐੱਸ.ਆਈ.ਆਰ. ਦੇ ਉਦੇਸ਼, ਮਹੱਤਤਾ ਅਤੇ ਪੂਰੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਸ੍ਰੀ ਕੰਵਲਜੀਤ ਸਿੰਘ ਨੇ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ, ਮਾਪਿਆਂ, ਸਕੂਲ ਸਟਾਫ਼ ਅਤੇ ਸਥਾਨਕ ਭਾਈਚਾਰੇ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਸਕੂਲੀ ਪ੍ਰਾਰਥਨਾ ਸਭਾਵਾਂ, ਮਾਪੇ-ਅਧਿਆਪਕ ਮਿਲਣੀਆਂ, ਨੋਟਿਸ ਬੋਰਡਾਂ, ਸੋਸ਼ਲ ਮੀਡੀਆ ਅਤੇ ਹੋਰ ਜਨ-ਜਾਗਰੂਕਤਾ ਗਤੀਵਿਧੀਆਂ ਰਾਹੀਂ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰਮਾਣਿਕ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਈ ਜਾਵੇ।

ਉਨ੍ਹਾਂ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਵੋਟਰ ਜਾਗਰੂਕਤਾ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਪਹਿਲੀ ਵਾਰ ਵੋਟ ਬਣਾਉਣ ਦੇ ਯੋਗ ਨੌਜਵਾਨਾਂ ਅਤੇ ਹੋਰ ਯੋਗ ਨਾਗਰਿਕਾਂ ਨੂੰ ਨਿਰਧਾਰਿਤ ਸਮੇਂ ਅੰਦਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਗਣਨਾ ਫਾਰਮ ਜਮ੍ਹਾਂ ਕਰਵਾਉਣ ਲਈ ਪ੍ਰੇਰਿਤ ਕਰਨ ਦੀ ਵੀ ਅਪੀਲ ਕੀਤੀ ਗਈ।
ਮੀਟਿੰਗ ਦੇ ਅੰਤ ਵਿੱਚ ਸਾਰੇ ਪ੍ਰਿੰਸੀਪਲਾਂ ਨੂੰ ਚੋਣ ਕਮਿਸ਼ਨ ਦੀ ਇਸ ਮਹੱਤਵਪੂਰਨ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ, ਤਾਂ ਜੋ ਵਿਸ਼ੇਸ਼ ਗਹਿਨ ਪੁਨਰ-ਸਮੀਖਿਆ ਦੌਰਾਨ ਵੱਧ ਤੋਂ ਵੱਧ ਜਨ-ਭਾਗੀਦਾਰੀ ਯਕੀਨੀ ਬਣਾਈ ਜਾ ਸਕੇ ਅਤੇ ਸਹੀ, ਸਮਾਵੇਸ਼ੀ ਤੇ ਗਲਤੀ-ਰਹਿਤ ਵੋਟਰ ਸੂਚੀ ਤਿਆਰ ਕਰਨ ਦੇ ਉਦੇਸ਼ ਨੂੰ ਸਫਲ ਬਣਾਇਆ ਜਾ ਸਕੇ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਖੰਨਾ, ਪ੍ਰਿੰਸੀਪਲ ਸ੍ਰੀ ਸੁਨੀਲ ਗੁਪਤਾ, ਮਾਸਟਰ ਟਰੇਨਰ ਸ੍ਰੀ ਵਿਵੇਕ ਦੇਵਗਨ, ਸ੍ਰੀ ਸੰਦੀਪ ਸਿਆਲ, ਸ੍ਰੀ ਵਰੁਣ ਕੁਮਾਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਰਹੇ।
