ਗਿੱਦੜਬਾਹਾ | ਨਿਊਜ਼ਕਲਿੱਕ ਪੰਜਾਬੀ (newsclickpunjabi.com)
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸੋਮਵਾਰ ਨੂੰ ਬਲਾਕ ਗਿੱਦੜਬਾਹਾ ਦੇ ਪਿੰਡ ਸੁਖਨਾ ਅਬਲੂ ਅਤੇ ਮਨੀਆਵਾਲਾ ਵਿਖੇ ਪੁੱਜੀ। ਇਸ ਮੌਕੇ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਸ਼ਮੂਲੀਅਤ ਕਰਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ ਲਈ ਦਿੱਤੇ ਅਮਰ ਸੰਦੇਸ਼ਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਪ੍ਰਚਾਰ ਵੈਨ ਰਾਹੀਂ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਿਖਾਈ ਗਈ, ਜਿਸ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਸੰਘਰਸ਼, ਸਮਾਜਿਕ ਬਰਾਬਰੀ, ਭਾਈਚਾਰੇ ਅਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਸੰਦੇਸ਼ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਪੰਜਾਬ ਸਰਕਾਰ ਇਸ ਮੁਹਿੰਮ ਰਾਹੀਂ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਪਿੰਡ-ਪਿੰਡ ਤੱਕ ਪਹੁੰਚਾ ਰਹੀ ਹੈ।
ਡਾਕੂਮੈਂਟਰੀ ਦੌਰਾਨ ਪੂਰਾ ਮਾਹੌਲ ਸ਼ਰਧਾ ਅਤੇ ਸਤਿਕਾਰ ਨਾਲ ਭਰਿਆ ਰਿਹਾ। ਹਾਜ਼ਰ ਲੋਕਾਂ ਨੇ ਧਿਆਨ ਨਾਲ ਡਾਕੂਮੈਂਟਰੀ ਦੇਖੀ ਅਤੇ ਗੁਰੂ ਸਾਹਿਬ ਵੱਲੋਂ ਦਿੱਤੇ ਸਮਾਨਤਾ, ਸੱਚ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਵੀ ਲਿਆ।
ਪਿੰਡ ਵਾਸੀਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਇਤਿਹਾਸ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅੱਜ ਵੀ ਸਮਾਜ ਨੂੰ ਇਕਜੁੱਟ ਕਰਨ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਜੀਵਨ ਜਿਉਣ ਦੀ ਪ੍ਰੇਰਣਾ ਦਿੰਦੀ ਹੈ।
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਹੋਰ ਪਿੰਡਾਂ ਅਤੇ ਸ਼ਹਿਰਾਂ ਤੱਕ ਵੀ ਪਹੁੰਚੇਗੀ, ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੇ ਉੱਚੇ ਵਿਚਾਰ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ।