ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਨਾਜਾਇਜ਼ ਕਲੋਨੀਆਂ ਵਿੱਚ ਰਹਿ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਇੱਕ ਵਿਸ਼ੇਸ਼ ਨੀਤੀ ਲਿਆਵੇਗੀ, ਜਿਸ ਰਾਹੀਂ ਅਣਅਧਿਕਾਰਤ ਕਲੋਨੀਆਂ ਵਿੱਚ ਮਿਹਨਤ ਦੀ ਕਮਾਈ ਲਗਾਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਨਾਜਾਇਜ਼ ਕਲੋਨੀਆਂ ਦੇ ਵਸਨੀਕਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਭੋਲੇ-ਭਾਲੇ ਲੋਕ ਕਲੋਨਾਈਜ਼ਰਾਂ ਦੇ ਝਾਂਸੇ ਵਿੱਚ ਆ ਕੇ ਪਲਾਟ ਖਰੀਦ ਬੈਠੇ ਹਨ। ਇਸ ਕਾਰਨ ਉਹ ਅੱਜ ਵੀ ਬਿਜਲੀ, ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ।

ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਜਿੱਥੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ, ਉੱਥੇ ਹੀ ਧੋਖਾਧੜੀ ਕਰਨ ਵਾਲੇ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਨੀਤੀ ਸਿਰਫ਼ ਲੁਧਿਆਣਾ ਜਾਂ ਪਟਿਆਲਾ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਪੂਰੇ ਪੰਜਾਬ ਵਿੱਚ ਇਕਸਾਰ ਲਾਗੂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਜਲਦੀ ਹੀ ਲੋਕਾਂ ਤੋਂ ਸੁਝਾਅ ਮੰਗੇਗੀ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਾਰੇ ਕਾਨੂੰਨੀ ਅਤੇ ਵਿੱਤੀ ਮੁੱਦਿਆਂ ਦੀ ਸਮੀਖਿਆ ਕੀਤੀ ਜਾਵੇਗੀ। ਲੋਕਾਂ ਦੇ ਸੁਝਾਵਾਂ ਦੇ ਆਧਾਰ ’ਤੇ ਇੱਕ ਵਿਹਾਰਕ ਅਤੇ ਸਥਾਈ ਹੱਲ ਤਿਆਰ ਕੀਤਾ ਜਾਵੇਗਾ।

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਰੀਅਲ ਅਸਟੇਟ ਪ੍ਰਾਜੈਕਟ ਵਿੱਚ ਨਿਵੇਸ਼ ਕਰਨ ਤੋਂ ਪਹਿਲਾਂ ਉਸ ਦੀ ਪੂਰੀ ਤਸਦੀਕ ਜ਼ਰੂਰ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਿਰਫ਼ PUDA, GMADA, GLADA ਜਾਂ ਹੋਰ ਅਧਿਕਾਰਤ ਏਜੰਸੀਆਂ ਵੱਲੋਂ ਮਨਜ਼ੂਰਸ਼ੁਦਾ ਪ੍ਰਾਜੈਕਟਾਂ ਵਿੱਚ ਹੀ ਨਿਵੇਸ਼ ਕਰਨ।

ਭਗਵੰਤ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਾਜਾਇਜ਼ ਕਲੋਨੀਆਂ ਨਾਲ ਜੁੜੀਆਂ ਸਮੱਸਿਆਵਾਂ ਦਾ ਹੱਲ ਤਰਜੀਹ ਦੇ ਆਧਾਰ ’ਤੇ ਕੀਤਾ ਜਾਵੇਗਾ।

ਹੋਰ ਤਾਜ਼ਾ ਅਤੇ ਭਰੋਸੇਯੋਗ ਖ਼ਬਰਾਂ ਲਈ ਪੜ੍ਹਦੇ ਰਹੋ NewsClickPunjabi.com

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।