ਬਾਬਾ ਬਕਾਲਾ ਸਾਹਿਬ, 12 ਅਗਸਤ: ਰੱਖੜ ਪੁੰਨਿਆ ਦੇ ਪਾਵਨ ਮੌਕੇ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ, ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ. ਦਲਵਿੰਦਰਜੀਤ ਸਿੰਘ ਅਤੇ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਸ. ਜਸ਼ਨਜੀਤ ਸਿੰਘ ਵੱਲੋਂ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਅਤੇ ਦਾਣਾ ਮੰਡੀ ਰਈਆ ਦਾ ਦੌਰਾ ਕੀਤਾ ਗਿਆ।
ਵਿਧਾਇਕ ਦਲਬੀਰ ਸਿੰਘ ਟੌਂਗ ਨੇ ਦੱਸਿਆ ਕਿ 28 ਅਗਸਤ ਨੂੰ ਰੱਖੜ ਪੁੰਨਿਆ ਦੇ ਪਾਵਨ ਮੌਕੇ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਕੈਬਨਿਟ ਮੰਤਰੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ।
ਉਨ੍ਹਾਂ ਕਿਹਾ ਕਿ ਰੱਖੜ ਪੁੰਨਿਆ ਦਾ ਮੇਲਾ ਇਲਾਕੇ ਦੀ ਧਾਰਮਿਕ ਅਤੇ ਸੱਭਿਆਚਾਰਕ ਮਹੱਤਤਾ ਵਾਲਾ ਵੱਡਾ ਸਮਾਗਮ ਹੈ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਸੰਗਤਾਂ ਦੀ ਸਹੂਲਤ, ਸੁਰੱਖਿਆ ਅਤੇ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਮੌਕੇ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਤੋਂ ਪਹਿਲਾਂ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਸੰਗਤਾਂ ਦੀ ਆਵਾਜਾਈ, ਪਾਰਕਿੰਗ, ਟ੍ਰੈਫਿਕ ਪ੍ਰਬੰਧਨ, ਸੁਰੱਖਿਆ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਬਿਜਲੀ, ਮੈਡੀਕਲ ਸਹੂਲਤਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰਨ ਲਈ ਕਿਹਾ, ਤਾਂ ਜੋ ਰੱਖੜ ਪੁੰਨਿਆ ਸਮਾਗਮ ਵਿੱਚ ਪਹੁੰਚਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਜਸ਼ਨਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।